ਚੰਡੀਗੜ੍ਹ 27 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਉੱਤੇ ਸਤਿਕਾਰ ਵਜੋਂ ਇੱਕ ਹਫ਼ਤੇ ਦਾ ਸ਼ੋਕ ਰੱਖਣ ਲਈ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਸਬੰਧੀ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਸਮੂਹ ਵਿਭਾਗਾਂ ਨੂੰ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਡਾ. ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਜੀ ਦਾ ਮਿਤੀ 26.12.2024 ਨੂੰ ਏਮਜ਼ ਹਸਪਤਾਲ ਨਵੀਂ ਦਿੱਲੀ ਵਿਖੇ ਦਿਹਾਂਤ ਹੋਣ ਪਿੱਛੋਂ ਭਾਰਤ ਸਰਕਾਰ ਵੱਲੋਂ ਸਮੂਹ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਮਿਤੀ 26.12.2024 ਤੋਂ ਮਿਤੀ 01.01.2025 ਤੱਕ 07 ਦਿਨਾਂ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ (Half Mast) ਰੱਖਣ ਦੇ ਆਦੇਸ਼ ਦਿੱਤੇ ਹਨ।
ਇਸ ਲਈ ਉਸ ਮ੍ਰਿਤਕ ਸਖਸ਼ੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਵਿੱਚ ਵੀ ਰਾਜਸੀ ਸ਼ੋਕ ਘੋਸ਼ਿਤ ਕੀਤਾ ਜਾਂਦਾ ਹੈ। ਇਨ੍ਹਾਂ ਦਿਨਾਂ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਮਨੋਰੰਜਨ (Official Entertainment) ਆਦਿ ਨਹੀਂ ਹੋਵੇਗਾ। ਇਸ ਸਬੰਧੀ ਰਾਜ ਦੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਇੰਨਾ ਹਦਾਇਤਾਂ ਦੀ ਇਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
