ਚੰਡੀਗੜ੍ਹ, 6 ਮਈ, 2024 (ਫਤਿਹ ਪੰਜਾਬ) ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਉੱਨਾਂ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।
ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਕਰਨ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ ਹੈ।
ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।