ਵੱਡ ਆਕਾਰੀ ਖੇਡ ਮੁਕਾਬਲਿਆਂ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ
37 ਖੇਡਾਂ ਦੇ ਜੇਤੂਆਂ ਨੂੰ 9 ਕਰੋੜ ਰੁਪਏ ਦੇ ਮਿਲਣਗੇ ਇਨਾਮ
ਚੰਡੀਗੜ੍ਹ, 26 ਅਗਸਤ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ।
ਲੋਗੋ ਅਤੇ ਜਰਸੀ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲੇ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ ਅਤੇ ਤਸੱਲੀ ਵਾਲੀ ਗੱਲ ਇਹ ਹੈ ਕਿ ਇਸ ਵਾਰ 37 ਖੇਡਾਂ ਦੇ 9 ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ ਤੇ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਐਤਕੀਂ ਇੰਨਾਂ ਖੇਡਾਂ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਸਾਲ 2023 ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।