ਚੰਡੀਗੜ੍ਹ, 18 ਮਈ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਦੋ ਪੰਜਾਬ ਪੁਲਿਸ ਸੇਵਾ (ਪੀਪੀਐਸ) ਅਧਿਕਾਰੀਆਂ, ਸਵਰਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਮੰਡੇਰ ਦੇ ਮੁਅੱਤਲੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਹਨ। ਬੀਤੀ 25 ਅਪ੍ਰੈਲ, 2025 ਨੂੰ ਮੁਅੱਤਲ ਕੀਤੇ ਗਏ ਇੰਨਾਂ ਅਧਿਕਾਰੀਆਂ ਨੂੰ ਹੁਣ ਉਨ੍ਹਾਂ ਦੇ ਪਿਛਲੇ ਅਹੁਦਿਆਂ ‘ਤੇ ਬਹਾਲ ਕਰ ਦਿੱਤਾ ਗਿਆ ਹੈ।
ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਵਰਨਦੀਪ ਸਿੰਘ ਐਸਏਐਸ ਨਗਰ ਵਿੱਚ ਵਿਜੀਲੈਂਸ ਬਿਊਰੋ, ਪੰਜਾਬ ਦੇ ਫਲਾਇੰਗ ਸਕੁਐਡ ਦੇ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਵਜੋਂ ਅਹੁਦਾ ਸੰਭਾਲਣਗੇ ਜਦੋਂ ਕਿ ਹਰਪ੍ਰੀਤ ਸਿੰਘ ਮੰਡੇਰ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਵਜੋਂ ਤਾਇਨਾਤ ਹੋਣਗੇ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਮੁਅੱਤਲੀ ਦੀ ਮਿਆਦ ਨੂੰ ਡਿਊਟੀ ‘ਤੇ ਸੇਵਾ ਮੰਨਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਉਕਤ ਦੋਵਾਂ ਅਧਿਕਾਰੀਆਂ ਮੁਅੱਤਲ ਕਰਦੇ ਸਮੇਂ ਸੂਬੇ ਦੇ ਟਰਾਂਸਪੋਰਟ ਵਿਭਾਗ ਵਿੱਚ ਇੱਕ ਕਥਿਤ ਘੁਟਾਲੇ ਦੀ ਜਾਂਚ ਦੌਰਾਨ ਕਥਿਤ ਕੁਤਾਹੀਆਂ ਵਰਤਣ ਦਾ ਕਾਰਨ ਦੱਸਿਆ ਗਿਆ ਸੀ। ਇਸ ਕਾਰਵਾਈ ਵਿੱਚ ਵਿਜੀਲੈਂਸ ਬਿਊਰੋ ਦੇ ਮੁਖੀ ਅਤੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ।
ਹਾਲਾਂਕਿ, ਵਿਭਾਗੀ ਜਾਂਚ ਤੋਂ ਬਾਅਦ, ਮੰਡੇਰ ਅਤੇ ਸਵਰਨਦੀਪ ਸਿੰਘ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਡਿਊਟੀਆਂ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

