Skip to content

ਘਰ ਬੈਠੇ Helpline 1076 ਰਾਹੀਂ ਪ੍ਰਾਪਤ ਕਰੋ 406 ਸੇਵਾਵਾਂ : ਅਮਨ ਅਰੋੜਾ

ਚੰਡੀਗੜ੍ਹ, 6 ਫਰਵਰੀ 2025 (ਫਤਿਹ ਪੰਜਾਬ ਬਿਉਰੋ) ਪੰਜਾਬ ਦੇ ਵਸਨੀਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ ਸੇਵਾਵਾਂ ਸ਼ਾਮਲ ਕੀਤੀਆਂ ਹਨ ਅਤੇ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਵੀ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਪਹੁੰਚ ਲੋਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ।

ਇੱਥੇ ਮਹਾਤਮਾ ਗਾਂਧੀ ਰਾਜ ਜਨਤਕ ਪ੍ਰਸ਼ਾਸਨਿਕ ਸੰਸਥਾ (ਮਗਸੀਪਾ) ਵਿਖੇ ਮੋਟਰਸਾਈਕਲਾਂ ਉੱਤੇ ਸਵਾਰ ‘ਸੇਵਾ ਸਹਾਇਕਾਂ’ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਅਰੋੜਾ ਨੇ ਕਿਹਾ ਕਿ 43 ਸੇਵਾਵਾਂ ਨਾਲ 10 ਦਸੰਬਰ, 2023 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ ਦਿੱਤੀਆਂ ਜਾਣਗੀਆਂ।

ਇਸ ਯੋਜਨਾ ਨੂੰ ਨਾਗਿਰਕਾਂ ਦੇ ਮਿਲੇ ਭਰਵੇਂ ਹੁੰਗਾਰੇ ਦੀ ਗੱਲ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ 92000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਸਾਰੀਆਂ ਅਰਜ਼ੀਆਂ ‘ਤੇ ਸਮੇਂ ਸਿਰ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਗੇੜੇ ਮਾਰਨ ਦੀ ਬਜਾਏ ਹੁਣ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਤੇ ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤੇ ਜਾਂਦੇ ਹਨ।

ਇਸ ਪਹਿਲਕਦਮੀ ਦਾ ਉਦੇਸ਼ ਨੌਕਰਸ਼ਾਹੀ ਅੜਿੱਕਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੱਗਦੀਆਂ ਲੰਬੀਆਂ ਕਤਾਰਾਂ ਵਰਗੇ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਹੱਲ ਕਰਕੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਗੁੰਝਲਦਾਰ ਸਰਕਾਰੀ ਪ੍ਰਕਿਰਿਆਵਾਂ ਤੋਂ ਲੋਕਾਂ ਦੇ ਸਮੇਂ ਨੂੰ ਬਚਾਉਣਾ ਹੈ। ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਪੰਜਾਬ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਦਾ ਸੁਹਿਰਦ ਯਤਨ ਹੈ।

ਉਹਨਾਂ ਦੱਸਿਆ ਕਿ 77 ਲੱਖ ਤੋਂ ਵੱਧ ਸਰਟੀਫ਼ਿਕੇਟ ਪਹਿਲਾਂ ਹੀ ਡਿਜ਼ੀਟਲ ਰੂਪ ਵਿੱਚ ਵੰਡੇ ਕੀਤੇ ਜਾ ਚੁੱਕੇ ਹਨ ਅਤੇ ਲੋਕ ਹੁਣ ਸਰਕਾਰ ਦੁਆਰਾ ਪ੍ਰਵਾਨਿਤ ਸਰਟੀਫ਼ਿਕੇਟ ਸਿੱਧੇ ਆਪਣੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਕਰਦੇ ਹਨ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀਆਂ ਵੱਲੋਂ 9 ਲੱਖ ਤੋਂ ਵੱਧ ਅਰਜ਼ੀਆਂ ਆਨਲਾਈਨ ਨਿਪਟਾਈਆਂ ਗਈਆਂ ਹਨ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਅਤੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੂੰ ਭਰੋਸਾ ਦਿੱਤਾ ਕਿ ਵਿਭਾਗ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਸੁਧਾਰਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

error: Content is protected !!