ਚੰਡੀਗੜ੍ਹ, 22 ਜਨਵਰੀ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਐਸਐਚਓ ਬਲਜਿੰਦਰ ਸਿੰਘ ਮੱਲੀ ਦੀ ਤਰਫੋਂ 30000 ਰੁਪਏ ਰਿਸ਼ਵਤ ਲੈ ਰਹੇ ਉਸਦੇ ਗੰਨਮੈਨ ਕਿੰਦਰ ਸਿੰਘ ਸਿਪਾਹੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸ਼ਾਮਲ ਸਹਿ ਮੁਲਜ਼ਮ ਐਸਐਚਓ ਬਲਜਿੰਦਰ ਸਿੰਘ ਮੱਲੀ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਮੁਕੱਦਮਾ ਰੂਪਨਗਰ ਜ਼ਿਲ੍ਹੇ ਦੀ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਵਿਰੁੱਧ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਦੱਸਿਆ ਕਿ ਐਸਐਚਓ ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਉਸਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਮੁਕੱਦਮੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਵਿੱਚ ਹੈ ਅਤੇ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੇ ਭਰਾ ਨੂੰ ਉਕਤ ਥਾਣੇ ਦੀ ਪੁਲਿਸ ਨੇ ਇੱਕ ਝਗੜੇ ਦੇ ਅਧਾਰ ਉੱਤੇ ਹੋਰਨਾਂ ਵਿਅਕਤੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਵੱਲੋਂ ਬੇਨਤੀਆਂ ਕਰਨ ਤੋਂ ਬਾਅਦ ਉਕਤ ਪੁਲਿਸ ਕਰਮਚਾਰੀ ਇਸ ਮਕਸਦ ਲਈ 50000 ਰੁਪਏ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਥਾਣੇਦਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਛਾਪੇ ਦੌਰਾਨ ਐਸਐਚਓ ਬਲਜਿੰਦਰ ਸਿੰਘ ਮੱਲ੍ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
