Skip to content

ਚੰਡੀਗੜ੍ਹ, 9 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਉਸ ਨੇ ਦੋਸ਼ ਲਗਾਇਆ ਸੀ ਕਿ ਉਸਦੇ ਲੜਕੇ ਦਾ ਇੱਕ ਆਟੋਰਿਕਸ਼ਾ ਨਾਲ ਹਾਦਸਾ ਹੋ ਗਿਆ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਕਥਿਤ ਤੌਰ ‘ਤੇ ਇਸ ਕੇਸ ਵਿੱਚ ਫੈਸਲਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਉਪਰੰਤ ਮੁਲਜ਼ਮ ਏ.ਐਸ.ਆਈ. ਨੇ ਮੱਦਦ ਕਰਨ ਬਦਲੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 3,000 ਰੁਪਏ ਪਹਿਲਾਂ ਹੀ ਲੈ ਲਏ।
ਇਸ ਮਾਮਲੇ ਦੀ ਸ਼ਿਕਾਇਤ ਅਤੇ ਸਹਾਇਕ ਸਬੂਤਾਂ ਦੀ ਡੂੰਘਾਈ ਨਾਲ ਤਫਤੀਸ਼ ਉਪਰੰਤ, ਇਹ ਪੁਸ਼ਟੀ ਹੋਈ ਕਿ ਮੁਲਜ਼ਮ ਨੇ ਅਸਲ ਵਿੱਚ ਰਿਸ਼ਵਤ ਲਈ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਏ.ਐਸ.ਆਈ. ਜਸਵੰਤ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

error: Content is protected !!