Skip to content

ਚੰਡੀਗੜ੍ਹ, 4 ਦਸੰਬਰ 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।
ਸ਼ਿਕਾਇਤ ਅਨੁਸਾਰ 4,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!