Skip to content

ਚੰਡੀਗੜ੍ਹ, 24 ਜਨਵਰੀ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਅਤੇ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਦੇ ਵਸਨੀਕ ਸੰਜੇ ਕੁਮਾਰ ਨੂੰ ਸਫ਼ਾਈ ਸੇਵਕ ਤੋਂ ਹਰ ਮਹੀਨੇ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਨਗਰ ਨਿਗਮ ਲੁਧਿਆਣਾ ਦੇ ਸਫ਼ਾਈ ਸੇਵਕ ਅਤੇ ਐਲਆਈਜੀ ਕਲੋਨੀ, ਜਮਾਲਪੁਰ, ਲੁਧਿਆਣਾ ਦੇ ਵਸਨੀਕ ਸੰਦੀਪ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੰਜੇ ਕੁਮਾਰ ਉਸਦੀਆਂ ਹਾਜ਼ਰੀਆਂ ਲਗਾਉਣ ਲਈ ਮਹੀਨਾਵਾਰ ਰਿਸ਼ਵਤ ਮੰਗ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਇਸ ਮੰਤਵ ਲਈ 1,40,000 ਰੁਪਏ ਦੀ ਰਿਸ਼ਵਤ ਹਾਸਲ ਕਰ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਮੰਗਣ ਵਾਲੇ ਉਕਤ ਮੁਲਜ਼ਮ ਦੀਆਂ ਰਿਕਾਰਡ ਕੀਤੀ ਗੱਲਬਾਤ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਗਏ ਦੋਸ਼ ਜ਼ੁਬਾਨੀ ਅਤੇ ਦਸਤਾਵੇਜ਼ੀ ਸਬੂਤਾਂ ਦੇ ਆਧਾਰ ਉੱਤੇ ਸੱਚੇ ਪਾਏ ਗਏ। ਸਿੱਟੇ ਵਜੋਂ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

error: Content is protected !!