ਐਸ.ਐਚ.ਓ. ਨੇ ਰਿਟਾਇਰਡ ਮੁਲਾਜ਼ਮ ਨੂੰ ਬਿਨਾਂ ਸਰਕਾਰੀ ਹੁਕਮਾਂ ਤੋਂ ਥਾਣੇ ‘ਚ ਕੀਤਾ ਹੋਇਆ ਸੀ ਤਾਇਨਾਤ
ਚੰਡੀਗੜ੍ਹ, 29 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਮਾਛੀਵਾੜਾ ਜਿਲ੍ਹਾ ਲੁਧਿਆਣਾ ਦੇ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦੇ ਇੱਕ ਸਾਥੀ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਥਾਣੇਦਾਰ ਨੇ ਉਕਤ ਮੁਲਜ਼ਮ ਨੂੰ ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮਾਂ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਉਪਰ ਰੱਖਿਆ ਹੋਇਆ ਸੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਦੀ ਗ੍ਰਿਫ਼ਤਾਰੀ ਖੰਨਾ ਪੁਲਿਸ ਜ਼ਿਲ੍ਹੇ ਵਿੱਚ ਮਾਛੀਵਾੜਾ ਸਬ-ਡਵੀਜ਼ਨ ਦੇ ਪਿੰਡ ਮੋਹਨ ਮਾਜਰਾ ਦੇ ਰਹਿਣ ਵਾਲੇ ਸੁਖਵੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਪਹੁੰਚ ਕਰਕੇ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ ਪਿਛਲੇ ਦਿਨੀ ਮਾਛੀਵਾੜਾ ਪੁਲਿਸ ਨੇ ਉਸਦੀ ਕਾਰ ਜ਼ਬਤ ਕਰ ਲਈ ਹੈ ਅਤੇ ਉੱਥੇ ਲੱਗੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਉਸਨੂੰ ਦੱਸਿਆ ਹੈ ਕਿ ਉਸਦੀ ਕਾਰ ਮੁੱਖ ਮੁਨਸ਼ੀ ਕਰਨ ਦੇ ਕਬਜ਼ੇ ਹੇਠ ਹੈ ਅਤੇ ਜੇਕਰ ਉਸਨੇ ਕਾਰ ਵਾਪਸ ਲੈਣੀ ਹੈ ਤਾਂ ਉਸਨੂੰ 25,000 ਰੁਪਏ ਰਿਸ਼ਵਤ ਵਜੋਂ ਦੇਣੇ ਪੈਣਗੇ ਪਰ ਗੱਲਬਾਤ ਦੌਰਾਨ ਮਜਬੂਰੀ ਦੱਸਣ ਤੋਂ ਬਾਅਦ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਤੋਂ ਬਾਅਦ 28 ਜਨਵਰੀ, 2025 ਨੂੰ ਸ਼ਿਕਾਇਤਕਰਤਾ ਨੇ ਉਕਤ ਬਲਵਿੰਦਰ ਸਿੰਘ ਨਾਲ ਫ਼ੋਨ ‘ਤੇ ਗੱਲ ਕਰਕੇ ਰਿਸ਼ਵਤ ਦੀ ਰਕਮ ਘਟਾਉਣ ਲਈ ਬੇਨਤੀ ਕੀਤੀ ਜਿਸ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ 10,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਅਤੇ ਇਸਨੂੰ ਵਿਜੀਲੈਂਸ ਬਿਊਰੋ ਦੇ ਦਫ਼ਤਰ ਜਮ੍ਹਾਂ ਕਰਵਾ ਦਿੱਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਮਾਛੀਵਾੜਾ ਥਾਣੇ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸ਼ਿਕਾਇਤਕਰਤਾ ਦੀ ਕਾਰ ਵੀ ਥਾਣੇ ਵਿੱਚ ਖੜ੍ਹੀ ਮਿਲੀ।
ਗ੍ਰਿਫ਼ਤਾਰੀ ਉਪਰੰਤ ਜਾਂਚ ਦੌਰਾਨ ਇਹ ਪਤਾ ਲੱਗਿਆ ਕਿ ਉਕਤ ਮੁਲਜ਼ਮ ਬਲਵਿੰਦਰ ਸਿੰਘ ਪਹਿਲਾਂ ਹੀ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਤੋਂ ਸੇਵਾਮੁਕਤ ਹੋ ਚੁੱਕਾ ਹੈ ਪਰ ਮਾਛੀਵਾੜਾ ਦੇ ਐਸ.ਐਚ.ਓ. ਨੇ ਬਿਨਾਂ ਕਿਸੇ ਵਿਭਾਗੀ ਹੁਕਮ ਦੇ ਉਸਨੂੰ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਤਾਇਨਾਤ ਕੀਤਾ ਹੋਇਆ ਸੀ। ਇਸ ਤਰ੍ਹਾਂ ਉਕਤ ਮੁਲਜ਼ਮ ਬਿਨਾਂ ਕਿਸੇ ਸਰਕਾਰੀ ਹੁਕਮ ਜਾਂ ਪ੍ਰਵਾਨਗੀ ਦੇ ਉਕਤ ਥਾਣੇ ਵਿੱਚ ਕੰਮ ਕਰ ਰਿਹਾ ਸੀ ਜਿਸ ਕਾਰਨ ਇਸ ਕੇਸ ਵਿੱਚ ਸਬੰਧਤ ਐਸ.ਐਚ.ਓ. ਅਤੇ ਮੁੱਖ ਮੁਨਸ਼ੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।