ਚੰਡੀਗੜ੍ਹ, 1 ਜਨਵਰੀ 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਨਵੇਂ ਸਾਲ ਵਾਲੇ ਦਿਨ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ। ਇਸ ਕੇਸ ਵਿੱਚ ਉਸਦੇ ਸਹਿ-ਦੋਸ਼ੀ ਮਾਲਵਿੰਦਰ ਸਿੰਘ ਤਹਿਸੀਲ ਕਲਰਕ ਨੂੰ ਹਾਲੇ ਗ੍ਰਿਫ਼ਤਾਰ ਕਰਨਾ ਬਾਕੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ ਬਿਊਰੋ ਨੇ 1,45,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਉਕਤ ਤਹਿਸੀਲਦਾਰ ਅਤੇ ਤਹਿਸੀਲ ਕਲਰਕ ਵਿਰੁੱਧ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦ ਕੀਤੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਉਕਤ ਮੁਲਜ਼ਮਾਂ ਕੋਲ ਪਹੁੰਚ ਕੀਤੀ ਸੀ ਅਤੇ ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 30,000 ਰੁਪਏ ਦੀ ਰਿਸ਼ਵਤ ਲਈ ਸੀ।
ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਇਸ ਪਿੱਛੋਂ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਰੇਂਜ ਪਟਿਆਲਾ ਦੇ ਥਾਣੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।