Skip to content

ਚੰਡੀਗੜ੍ਹ 13 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜ਼ੀਰ ਭੁੱਲਰ ਦੇ ਵਸਨੀਕ ਸਿਕੰਦਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਪਰੋਕਤ ਮਹਿਲਾ ਏਐਸਆਈ ਨੇ ਆਪਣੇ ਕੋਲ ਜਾਂਚ ਅਧੀਨ ਇੱਕ ਪੁਲਿਸ ਕੇਸ ਵਿੱਚ ਉਸਦੀ (ਸ਼ਿਕਾਇਤਕਰਤਾ), ਉਸਦੇ ਪਿਤਾ ਅਤੇ ਭਰਾ ਦਾ ਪੱਖ ਲੈਣ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਇਹ ਏਐਸਆਈ ਪਹਿਲਾਂ ਹੀ ਉਸ ਕੋਲੋਂ ਗੂਗਲ ਪੇਅ ਰਾਹੀਂ 10,000 ਰੁਪਏ ਲੈ ਚੁੱਕੀ ਹੈ ਅਤੇ ਹੁਣ 40,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਮੰਗ ਰਹੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਇਸ ਮਹਿਲਾ ਏਐਸਆਈ ਦੇ ਉਪਰੋਕਤ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਉਕਤ ਮੁਲਜ਼ਮ ਏਐਸਆਈ ਨੂੰ ਵੀ ਇਸ ਮੁਕੱਦਮੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

error: Content is protected !!