ਅੱਗ ਬੁਝਾਊ ਮਹਿਕਮੇ ‘ਚ ਹੁਣ ਮਹਿਲਾਵਾਂ ਵੀ ਹੋਣਗੀਆਂ ਭਰਤੀ – ਨਿਯਮਾਂ ‘ਚ ਕੀਤੀਆਂ ਸੋਧਾਂ
ਬਰਨਾਲਾ, 17 ਅਗਸਤ 2024 2024 (ਫਤਿਹ ਪੰਜਾਬ) ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਮਹਿਕਮੇ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ ਤੇ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ। ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਭਗ 1300 ਕੀਮਤੀ ਜਾਨਾਂ ਬਚਾਅ ਚੁੱਕੀ ਹੈ। ਇਸ ਤੋਂ ਇਲਾਵਾ ਹਾਦਸਿਆਂ ਵਿੱਚ ਫੱਟੜ ਹੋਣ ਵਾਲਿਆਂ ਦੇ 90 ਲੱਖ ਰੁਪਏ ਦੀ ਕੀਮਤ ਦੇ ਰੂਪ ਵਿੱਚ ਨਕਦੀ ਅਤੇ ਵਸਤਾਂ ਨੂੰ ਸੁਰੱਖਿਅਤ ਵਾਪਸ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੇ ਸੁਹਿਰਦ ਯਤਨਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਸਾਡੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਮਨ ਨੂੰ ਬਹੁਤ ਤਸੱਲੀ ਹੈ ਕਿ ਇਸ ਵਾਰ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲੈਣ ਲਈ ਨੌਜਵਾਨਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44700 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ ਵਿੱਚ ਨਾਮਵਰ ਅਹੁਦਿਆਂ ‘ਤੇ ਸੇਵਾ ਨਿਭਾਅ ਸਕਣ।
ਰੱਖੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੀ ਗੂੜੀ ਮੁਹੱਬਤ, ਆਪਸੀ ਸਾਂਝ ਅਤੇ ਭੈਣਾਂ ਦੀ ਰਾਖੀ ਕਰਨ ਦੇ ਵਚਨ ਦਾ ਪਵਿੱਤਰ ਤਿਉਹਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਲਈ ਪਿਆਰ, ਸਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਵਾਲਾ ਖੁਸੀਆਂ ਭਰਿਆ ਮੌਕਾ ਹੈ ਜੋ ਸਾਨੂੰ ਬਿਹਤਰ ਮਨੁੱਖ ਬਣਾਉਂਦਾ ਹੈ।
ਇਸ ਮੌਕੇ ਨਵ-ਨਿਯੁਕਤ ਸੁਪਰਵਾਈਜਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨੌਕਰੀ ਨਾਲ ਉਸ ਦਾ ਅਤੇ ਮਾਪਿਆਂ ਦਾ ਸੁਪਨਾ ਸਾਕਾਰ ਹੋਇਆ ਹੈ। ਨਵਦੀਪ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੌਜੂਦਾ ਸਾਸਨ ਦੌਰਾਨ ਉਸ ਨੂੰ ਹੀ ਨਹੀਂ ਸਗੋਂ ਉਸ ਦੇ ਭਰਾ ਨੂੰ ਵੀ ਸਰਕਾਰੀ ਨੌਕਰੀ ਮਿਲੀ ਹੈ। ਰੱਖੜੀ ਦੇ ਤਿਉਹਾਰ ਮੌਕੇ ਨਵਦੀਪ ਕੌਰ ਨੇ ਧੰਨਵਾਦ ਵਜੋਂ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ।
ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।