ਮੋਦੀ ਮੰਤਰੀ ਮੰਡਲ ਵਿੱਚ ਹੋਣਗੇ ਦੋ ਸਿੱਖ ਚਿਹਰੇ

ਨਵੀਂ ਦਿੱਲੀ 9 ਜੂਨ 2024 (ਫਤਿਹ ਪੰਜਾਬ) ਭਾਵੇਂ ਭਾਜਪਾ ਆਗੂ ਅਤੇ ਤਿੰਨ ਵਾਰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ ਚੋਣਾਂ 2024 ਵਿੱਚ ਲੁਧਿਆਣਾ ਤੋਂ ਹਾਰ ਗਏ ਸਨ ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਮੰਤਰੀ ਮੰਡਲ ਵਿੱਚ ਉਨ੍ਹਾਂ ਨੂੰ ਰਾਜ ਮੰਤਰੀ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਅੱਜ ਸਵੇਰੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਇੱਕ ਚਾਹ ਦੇ ਪ੍ਰੋਗਰਾਮ ਵਿੱਚ ਹੋਰਨਾਂ ਸੰਭਾਵੀ ਮੰਤਰੀਆਂ ਨਾਲ ਬਿੱਟੂ ਅਤੇ ਸਾਬਕਾ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਵੀ ਬੁਲਾਇਆ ਗਿਆ। ਇਸ ਤਰਾਂ ਮੋਦੀ ਮੰਤਰੀ ਮੰਡਲ ਵਿੱਚ ਦੋ ਸਿੱਖ ਚਿਹਰੇ ਲਏ ਜਾ ਰਹੇ ਹਨ।

ਬਿੱਟੂ ਨੂੰ ਐਤਵਾਰ ਸ਼ਾਮ ਨੂੰ ਮੰਤਰੀ ਮੰਡਲ ਪੰਜਾਬ ਤੋਂ ਸਿੱਖ ਚਿਹਰੇ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਉਹ ਸਹੁੰ ਚੁੱਕ ਸਮਾਗਮ ਲਈ ਦਿੱਲੀ ਪੁੱਜੇ ਹੋਏ ਹਨ। ਯਾਦ ਰਹੇ ਕਿ ਬਿੱਟੂ ਲਈ ਚੋਣ ਪ੍ਰਚਾਰ ਕਰਦੇ ਹੋਏ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਬਿੱਟੂ ਉਨ੍ਹਾਂ ਦਾ ਦੋਸਤ ਹੈ ਅਤੇ ਉਹ ਬਿੱਟੂ ਨੂੰ ਵੱਡਾ ਆਦਮੀ ਬਣਾਉਣਗੇ

ਦੱਸਣਯੋਗ ਹੈ ਕਿ ਪੰਜਾਬ ਦੇ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ ਅਤੇ ਉਹ ਲੁਧਿਆਣਾ ਤੋਂ ਲੋਕ ਸਭਾ ਚੋਣ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 20,000 ਤੋਂ ਵੱਧ ਵੋਟਾਂ ਨਾਲ ਹਾਰ ਗਿਆ ਸੀ।

ਬਿੱਟੂ ਪਹਿਲਾਂ 2009 ‘ਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ ਅਤੇ ਫਿਰ 2014 ਅਤੇ 2019 ‘ਚ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ‘ਤੇ ਚੁਣੇ ਗਏ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਨਾਲ ਸਬੰਧਿਤ ਹੈ।

ਮੰਤਰੀ ਬਣਨ ਲਈ ਸੱਦਾ ਪੱਤਰ ਮਿਲਣ ਤੋਂ ਬਾਅਦ ਭਾਜਪਾ ਨੇਤਾ ਬਿੱਟੂ ਨੇ ਕਿਹਾ ਕਿ ਪੰਜਾਬ ਲਈ ਵੱਡੇ ਕਦਮ ਚੁੱਕੇ ਜਾਣਗੇ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਬੀਜੇਪੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਾਂਗੇ।

Skip to content