ਸ੍ਰੀ ਅੰਮ੍ਰਿਤਸਰ ਸਾਹਿਬ 15 ਫ਼ਰਵਰੀ 2025 (ਫਤਿਹ ਪੰਜਾਬ ਬਿਊਰੋ) Shiromani Gurdwara Parbandhak Committee (SGPC) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ Giani Harpreet Singh ਨੇ ਕਿਹਾ ਕਿ ਉਹ ਧਰਮ ਦੇ ਵਿਦਿਆਰਥੀ ਹਨ ਪਰ ਜੇ ਭਗੌੜੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਮਜਬੂਰ ਕੀਤਾ ਤਾਂ ਉਹ ਸਿਆਸੀ ਪਿੱਚ ’ਤੇ ਆਉਣ ਲਈ ਤਿਆਰ ਹਨ।
ਮੀਡੀਆ ਨਾਲ ਖੁੱਲ੍ਹੀ ਗੱਲਬਾਤ ਕਰਦਿਆਂ ਉਨ੍ਹਾਂ Shiromani Akali Dal (SAD) ਅਕਾਲੀ ਦਲ ਦੀ ਭਰਤੀ ਵਾਸਤੇ ਬਣਾਈ ਗਈ ਸੱਤ ਮੈਂਬਰੀ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਆਖਿਆ ਕਿ ਉਹ ਭਾਵੇਂ ਗਿਣਤੀ ਵਿੱਚ ਘੱਟ ਹੋਣ ਪਰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਖੁਦ ਸ਼ੁਰੂ ਕਰਨ। ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਭਗੋੜਾ ਦਲ ਕਰਾਰ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਭਰਤੀ ਬੋਗਸ ਹੈ ਅਤੇ ਬੋਗਸ ਮੈਂਬਰਾਂ ਨੂੰ ਪਾਰਟੀ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸਿਰਫ 18 ਲੱਖ ਵੋਟਾਂ ਪਈਆਂ ਸਨ ਅਤੇ ਹੁਣ ਭਰਤੀ ਦੀ ਗਿਣਤੀ 35 ਲੱਖਾਂ ਵਿੱਚ ਦਿਖਾਈ ਜਾ ਰਹੀ ਹੈ ਜੋ ਕਿ ਗਲਤ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਕੱਲ੍ਹ ਹੋਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਾ ਦੇਣ ਦੀ ਲੋੜ ਹੀ ਨਹੀਂ ਸੀ ਅਤੇ ਇਹ ਕਮੇਟੀ ਨੂੰ ਆਪਣੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਖੁਦ ਸ਼ੁਰੂ ਕਰਨੀ ਚਾਹੀਦੀ ਹੈ।