ਹੁਣ ਸਾਬਕਾ ਵਿਧਾਇਕ ਨੇ ਮੁੜ੍ਹ ਚੁੱਕਿਆ ਲੀਡਰਸ਼ਿਪ ਖਿਲਾਫ ਝੰਡਾ
ਚੰਡੀਗੜ੍ਹ, 7 ਜੂਨ 2024 (ਫਤਿਹ ਪੰਜਾਬ) ਪੰਜਾਬ ਦੀ 103 ਸਾਲ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਸਿਰਫ਼ ਇੱਕ ਲੋਕ ਸਭਾ ਸੀਟ ਜਿੱਤਣ, ਬਾਕੀ ਸਾਰੇ ਅਕਾਲੀ ਆਗੂਆਂ ਦੇ ਹੋਈ ਹਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਵੀ ਘੱਟ ਵੋਟਾਂ (13.42 ਫੀਸਦ) ਮਿਲਣ ਪਿੱਛੋਂ ਪਾਰਟੀ ਵਿੱਚ ਬਾਗੀ ਸੁਰਾਂ ਮੁੜ੍ਹ ਉੱਠਣ ਲੱਗੀਆਂ ਹਨ। ਮਾੜੇ ਚੋਣ ਨਤੀਜਿਆਂ ਉੱਪਰ ਪਹਿਲਾਂ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੀ ਤਿੱਖੀ ਪ੍ਰਤਿਕਿਰਿਆ ਤੋਂ ਬਾਅਦ ਹੁਣ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਰਹੇ ਮਨਪ੍ਰੀਤ ਇਆਲੀ ਨੇ ਇੱਕ ਬਿਆਨ ਜਾਰੀ ਕੀਤਾ ਹੈ।
ਇਆਲੀ ਨੇ ਕਿਹਾ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਉਹ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣਗੇ। ਉਨ੍ਹਾਂ ਨੇ ਬਿਆਨ ਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ‘ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ।
ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।