ਚੰਡੀਗੜ੍ਹ, 31 ਅਗਸਤ 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ।
ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ ਤਾਂ ਜੋ ਇਸ ਚੁਣੌਤੀਪੂਰਨ ਸਮੇਂ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਦੌਰਾਨ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਨੇ ਅਧਿਆਪਕਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਬਣਾਈ ਰੱਖਣ ਲਈ ਕਿਹਾ।
