ਚੰਡੀਗੜ੍ਹ 7 ਦਸੰਬਰ 2024 (ਫਤਿਹ ਪੰਜਾਬ) ਪੰਜਾਬ ਦੇ ਰਾਜ ਚੋਣ ਕਮਿਸ਼ਨ ਵੱਲੋਂ ਕੱਲ ਐਤਵਾਰ 08.12.2024 ਨੂੰ ਸਵੇਰੇ 11.30 ਵਜੇ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਦੀਆਂ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਜਾਵੇਗਾ।
ਇਸ ਸਬੰਧੀ ਸੂਬਾ ਚੋਣ ਕਮਿਸ਼ਨਰ ਪੰਜਾਬ ਰਾਜ ਕਮਲ ਚੌਧਰੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ।
ਇਸ ਐਲਾਨ ਦੇ ਨਾਲ ਹੀ ਪੰਜਾਬ ਦੇ ਸਬੰਧਤ ਸ਼ਹਿਰਾਂ ਵਿੱਚ ਆਦਰਸ਼ਕ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

ਦੱਸ ਦੇਈਏ ਕਿ ਉੱਚ ਅਦਾਲਤ ਨੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਬੀਤੀ 11 ਨਵੰਬਰ ਨੂੰ ਹੁਕਮ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਅੰਦਰ ਇਨ੍ਹਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਹ ਚੋਣਾਂ ਨਾ ਕਰਵਾਉਣ ਦੇ ਹੁਕਮ ਦੀ ਪਾਲਣ ਨਾ ਹੋਣ ਕਾਰਨ ਦਾਖ਼ਲ ਹੁਕਮ ਅਦੂਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਇਹ ਹੁਕਮ ਜਾਰੀ ਕੀਤਾ ਸੀ। ਇਸ ਪਿੱਛੋਂ ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ।
ਇਸ ਮਾਮਲੇ ’ਚ ਮਾਲੇਰਕੋਟਲਾ ਨਿਵਾਸੀ ਬੇਅੰਤ ਸਿੰਘ ਨੇ ਜਨਹਿਤ ਪਟੀਸ਼ਨ ’ਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਪੰਜਾਬ ਦੀਆਂ 42 ਮਿਊਂਸੀਪਲ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਚੁੱਕਾ ਹੈ, ਕਈਆਂ ਦਾ ਤਾਂ ਕਾਰਜਕਾਲ ਖ਼ਤਮ ਹੋਏ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਪੰਜ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ ਵੀ ਬਕਾਇਆ ਹਨ। ਚੋਣਾਂ ਨਾ ਹੋਣ ਕਾਰਨ ਸਾਰੇ ਵਿਕਾਸ ਦੇ ਕੰਮ ਰੁਕੇ ਹਨ। ਪਟੀਸ਼ਨ ਮੁਤਾਬਕ ਸੂਬੇ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ’ਚ ਖ਼ਤਮ ਹੋ ਚੁੱਕਾ ਹੈ, ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।