ਚੰਡੀਗੜ੍ਹ 5 ਦਸੰਬਰ 2024 (ਫਤਿਹ ਪੰਜਾਬ) ਬੀਤੇ ਕੱਲ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਸਾਬਕਾ ਖਾੜਕੂ ਨਰਾਇਣ ਸਿੰਘ ਚੌੜਾ ਵਲੋਂ ਕੀਤੇ ਜਾਨਲੇਵਾ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨਾਂ ਕਿਹਾ “ਏ.ਐਸ.ਆਈ. ਜਸਬੀਰ ਸਿੰਘ ਅਤੇ ਏ.ਐਸ.ਆਈ. ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵਲੋਂ ਬੀਤੇ ਕੱਲ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹੋਰ ਖੁਸ਼ੀ ਬਖਸ਼ੇ।”
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਭਲਕੇ 6 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ ਜਿਸ ਵਿੱਚ ਸੁਖਬੀਰ ਸਿੰਘ ਬਾਦਲ ‘ਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਕਾਤਲਾਨਾ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਉਤੇ ਲੈੰਦਿਆਂ ਆਖਿਆ ਕਿ ਇਹ ਘਟਨਾ ਸੂਬਾ ਸਰਕਾਰ ਦੀ ਨਾਕਾਮੀ ਤੇ ਅਣਗਹਿਲੀ ਕਾਰਨ ਵਾਪਰੀ ਹੈ ਅਤੇ ਹਮਲੇ ਦੇ ਦੋਸ਼ੀ ਚੌੜਾ ਦੇ ਭਰਾ ਨੂੰ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਰਪ੍ਰਸਤੀ ਹਾਸਲ ਹੈ ਅਤੇ ਉਸ ਨੂੰ ਗੁਰਦਾਸਪੁਰ ਵਿੱਚ ਪਾਰਟੀ ਵੱਲੋਂ ਅਹੁਦਾ ਦਿੱਤਾ ਗਿਆ ਸੀ।
