ਚੰਡੀਗੜ੍ਹ, 9 ਮਾਰਚ 2025 (ਫਤਿਹ ਪੰਜਾਬ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਹਟਾਉਣ ਤੋਂ ਬਾਅਦ ਸਿੱਖ ਕੌਮ ਵਿੱਚ ਖਿਲਾਰਾ ਜਿਹਾ ਪੈ ਗਿਆ ਹੈ। ਇਸ ਸਬੰਧੀ ਨਿਹੰਗ ਜਥੇਬੰਦੀਆਂ ਨੇ ਵੱਡਾ ਐਲਾਨ ਕਰਦਿਆਂ ਅੰਤ੍ਰਿੰਗ ਕਮੇਟੀ ਵੱਲੋਂ ਥਾਪੇ ਗਏ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ 10 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਤਾਜਪੋਸ਼ੀ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਹੈ।
Baba Balbir Singh 96 Crore ਬਾਬਾ ਬਲਬੀਰ ਸਿੰਘ 96 ਕਰੋੜੀ, Chief Shiromani Panth Akali Budha Dal ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਦੀ ਅਗਵਾਈ ਹੇਠ ਕੁਝ ਜਥੇਬੰਦੀਆਂ ਨੇ ਕਿਹਾ ਹੈ ਕਿ ਇਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਫੈਸਲਾ ਵਾਪਸ ਨਾ ਲਿਆ ਤਾਂ ਵੱਡੀ ਮੁਹਿੰਮ ਚਲਾਈ ਜਾਵੇਗੀ।
ਬਾਬਾ ਬਲਬੀਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਸਹਿਮਤੀ ਬਣੀ ਹੈ ਕਿ ਕੱਲ੍ਹ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ, “ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਵਾਲੇ ਗਲਤੀ ਉੱਤੇ ਗਲਤੀ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਇਸ ਘਟਨਾ ਦਾ ਪਿਛੋਕੜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੁਆਰਾ ਲਏ ਗਏ ਫੈਸਲੇ ਨਾਲ ਜੁੜਿਆ ਹੈ। ਬੀਤੇ ਦਿਨ, ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਸਨ। ਇਸ ਕਮੇਟੀ ਨੇ ਪੰਜਾਬ ਵਿਚਲੇ ਤਿੰਨ ਤਖ਼ਤਾਂ ਲਈ ਨਵੇਂ ਜਥੇਦਾਰ ਥਾਪੇ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਹੈ।
ਆਉਣ ਵਾਲੇ ਦਿਨਾਂ ਵਿੱਚ ਨਿਹੰਗ ਜਥੇਬੰਦੀਆਂ ਦੇ ਵਿਰੋਧ ਅਤੇ ਸ਼੍ਰੋਮਣੀ ਕਮੇਟੀ ਦੇ ਫੈਸਲਿਆਂ ਦੇ ਵਿਚਕਾਰ ਟਕਰਾਅ ਹੋਣ ਦੀ ਸੰਭਾਵਨਾ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਇਸ ਮੁੱਦੇ ਨੂੰ ਸੁਲਝਾਉਣ ਲਈ ਕੋਈ ਸਾਂਝਾ ਰਾਹ ਨਿਕਲਦਾ ਹੈ ਜਾਂ ਇਹ ਵਿਵਾਦ ਹੋਰ ਵਿਸਥਾਰ ਪਕੜਦਾ ਹੈ। ਸਿੱਖ ਕੌਮ ਦੀ ਇੱਕਜੁੱਟਤਾ ਅਤੇ ਪੰਥਕ ਮਾਮਲਿਆਂ ਵਿੱਚ ਸ਼ਾਂਤੀ ਬਹਾਲ ਕਰਨਾ ਇਸ ਸਥਿਤੀ ਵਿੱਚ ਸਭ ਤੋਂ ਮਹੱਤਵਪੂਰਨ ਚੁਣੌਤੀ ਹੋਵੇਗੀ।